Tuesday, 22 August 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਘਰ ਜਾ ਕੇ ਸਤਿਕਾਰ ਸਹਿਤ ਸੌਂਪਿਆ। ਡਾ. ਸੁਰਜੀਤ ਪਾਤਰ ਨੇ ਇਸ ਨਿਯੁਕਤੀ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਉਮੀਦ ਜਤਾਈ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰ ਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਹੈ। ਡਾ. ਪਾਤਰ ਨੂੰ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਨਾਮ ਦਿੰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਡਾ. ਪਾਤਰ ਆਪਣੀ ਸਕਾਰਾਤਮਕ ਸੋਚ ਨਾਲ ਪੰਜਾਬ ਕਲਾ ਪ੍ਰੀਸ਼ਦ ਨੂੰ ਪਿੰਡ-ਪਿੰਡ ਲੈ ਕੇ ਜਾਣਗੇ ਅਤੇ ਕੋਸ਼ਿਸ਼ ਹੈ ਕਿ ਅਗਲੇ ਕੁਝ ਸਮੇਂ ਵਿੱਚ ਇੱਕ ਲੱਖ ਸੱਭਿਆਚਾਰ ਅਤੇ ਕਲਾ ਪ੍ਰੇਮੀਆਂ ਨੂੰ ਇਸ ਪ੍ਰੀਸ਼ਦ ਨਾਲ ਸਿੱਧੇ ਤੌਰ 'ਤੇ ਜੋੜਿਆ ਜਾਵੇ।

No comments:

Post a Comment