Tuesday, 19 September 2017

ਨੋਬਲ ਫਾਊਂਡੇਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ 16 ਸਖ਼ਸ਼ੀਅਤਾਂ ਦਾ ਸਨਮਾਨ

ਗਰੀਬਾਂ ਅਤੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਮੌਕੇ ਮੁਹੱਈਆ ਕਰਾਉਣ ਦੀ ਵੀ ਲੋੜ-ਰਾਜਪਾਲ

-ਪੰਜਾਬ ਸਰਕਾਰ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉਥਾਨ ਲਈ ਹਰ ਸੰਭਵ ਸਹਿਯੋਗ ਕਰੇਗੀ-ਸਿੱਧੂ

ਲੁਧਿਆਣਾ, - ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਸਮਾਜ ਦੇ ਹਰੇਕ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜ ਦੇ ਸਰਬਪੱਖੀ ਵਿਕਾਸ ਲਈ ਗਰੀਬਾਂ ਅਤੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਮੌਕੇ ਮੁਹੱਈਆ ਕਰਾਉਣ ਲਈ ਵੀ ਅੱਗੇ ਆਉਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉਥਾਨ ਲਈ ਹਰ ਸੰਭਵ ਸਹਿਯੋਗ ਕਰੇਗੀ।
ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪ੍ਰਸਿੱਧ ਸਮਾਜ ਸੇਵੀ ਸੰਸਥਾ ਨੋਬਲ ਫਾਊਂਡੇਸ਼ਨ ਵੱਲੋਂ ਰੱਖੇ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਸਾਡੇ ਦੇਸ਼ ਦੀ ਇਹ ਤ੍ਰਾਸਦੀ ਹੈ ਕਿ ਸਾਡੇ ਸਮਾਜ ਨੂੰ ਸਮਾਜਿਕ ਅਤੇ ਆਰਥਿਕ ਤੌਰ 'ਤੇ ਉੱਪਰ ਚੁੱਕਣ ਲਈ ਹਾਲੇ ਕਾਫੀ ਕੁਝ ਕਰਨ ਦੀ ਲੋੜ ਹੈ। ਬਿਨਾ ਸ਼ੱਕ ਇਸ ਦਿਸ਼ਾ ਵਿੱਚ ਕਈ ਸੰਸਥਾਵਾਂ ਨਿਰਸਵਾਰਥ ਭਾਵਨਾ ਨਾਲ ਲੱਗੀਆਂ ਵੀ ਹੋਈਆਂ ਹਨ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਸਮਾਜ ਦੇ ਸਰਬਪੱਖੀ ਵਿਕਾਸ ਲਈ ਗਰੀਬਾਂ ਅਤੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਮੌਕੇ ਵੀ ਮੁਹੱਈਆ ਕਰਵਾਏ ਜਾਣ। ਇਸ ਲਈ ਉਨਾਂ ਗੈਰ ਸਰਕਾਰੀ ਸੰਸਥਾਵਾਂ, ਪ੍ਰਮੁੱਖ ਸਖ਼ਸ਼ੀਅਤਾਂ ਅਤੇ ਹੋਰ ਧਿਰਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਲੋਕਾਂ ਨੂੰ ਜੀਵਨ ਵਿੱਚ ਤਰੱਕੀ ਕਰਨ ਲਈ ਜ਼ਰੂਰੀ ਮੌਕੇ ਮੁਹੱਈਆ ਕਰਾਉਣ ਲਈ ਵੀ ਅੱਗੇ ਆਉਣ।
ਉਨਾਂ ਮਾਨਵਤਾ ਦੀ ਸੇਵਾ ਨੂੰ ਸਰਬੋਤਮ ਸੇਵਾ ਦਾ ਨਾਮ ਦਿੰਦਿਆਂ ਨੋਬਲ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨਾਂ ਭਾਰਤ ਸਰਕਾਰ ਵੱਲੋਂ ਸਮਾਜਿਕ ਉੱਨਤੀ ਲਈ ਸਮੇਂ-ਸਮੇਂ ਸ਼ੁਰੂ ਕੀਤੇ ਜਾ ਰਹੇ ਪ੍ਰੋਗਰਾਮਾਂ ਦਾ ਵੇਰਵਾ ਦਿੰਦਿਆਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਲੋਕ ਹਿੱਤ ਯੋਜਨਾਵਾਂ ਦਾ ਲਾਭ ਲੈਣ ਅਤੇ ਖੁਦ ਵਿਕਸਤ ਹੋ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਇਸ ਮੌਕੇ ਉਨਾਂ ਭਾਰਤੀ ਹਵਾਈ ਫੌਜ ਦੇ ਜਾਂਬਾਜ਼ ਹੀਰੇ ਏਅਰ ਮਾਰਸ਼ਲ ਸ੍ਰ. ਅਰਜਨ ਸਿੰਘ (ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋਇਆ) ਅਤੇ ਮਰਹੂਮ ਲਾਲਾ ਜਗਤ ਨਰਾਇਣ ਨੂੰ ਵੀ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਸਿੱਧੂ ਨੇ ਕਿਹਾ ਕਿ ਕੋਈ ਵਿਅਕਤੀ, ਸਮਾਜ ਜਾਂ ਦੇਸ਼ ਉਦੋਂ ਤੱਕ ਵਿਕਸਤ ਨਹੀਂ ਹੋ ਸਕਦਾ ਜਦੋਂ ਤੱਕ ਉਹ ਆਪਣੇ ਅੰਦਰ ਆਤਮ ਨਿਰਭਰਤਾ ਵਾਲਾ ਸੰਕਲਪ ਪੈਦਾ ਨਹੀਂ ਕਰਦਾ। ਦੇਸ਼ ਦਾ ਸਰਬਪੱਖੀ ਵਿਕਾਸ ਉਸ ਵੇਲੇ ਤੱਕ ਸੰਭਵ ਨਹੀਂ ਜਦੋਂ ਤੱਕ ਇਥੋਂ ਦੇ ਨਾਗਰਿਕ ਆਪਣੇ ਆਲੇ ਦੁਆਲੇ ਅਤੇ ਭਵਿੱਖ ਨੂੰ ਸੁਰੱਖਿਅਤ ਨਹੀਂ ਸਮਝਦੇ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉਥਾਨ ਲਈ ਹਰ ਸੰਭਵ ਸਹਿਯੋਗ ਕਰੇਗੀ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੈਰਾਂ 'ਤੇ ਖੜੇ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਕਾਮਿਆਂ ਵਜੋਂ ਹਿੱਸਾ ਪਾਉਣ ਲਈ ਸਕਿੱਲ ਸਿੱਖਿਆ ਵੱਲ ਤੋਰਿਆ ਜਾ ਰਿਹਾ ਹੈ। ਇਸ ਮੌਕੇ ਉਨਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਸੰਸਥਾ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸੰਸਥਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਾਣਮੱਤੀਆਂ ਸੇਵਾਵਾਂ ਦੇਣ ਵਾਲੇ ਅਤੇ ਪ੍ਰਾਪਤੀਆਂ ਕਰਨ ਵਾਲੀਆਂ 6 ਰਾਜਾਂ ਦੀਆਂ 16 ਸਖ਼ਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਕੇਸਰੀ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ੍ਰੀ ਵਿਜੇ ਕੁਮਾਰ ਚੋਪੜਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਆਮਦਨ ਕਰ ਵਿਭਾਗ ਦੇ ਮੁੱਖ ਕਮਿਸ਼ਨਰ ਸ੍ਰੀ ਬੀ. ਕੇ. ਝਾਅ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਪੁਲਿਸ ਸ੍ਰ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ, ਨੋਬਲ ਫਾਉਂਡੇਸ਼ਨ ਦੇ ਸੰਸਥਾਪਕ ਸ੍ਰੀ ਰਾਜਿੰਦਰ ਸ਼ਰਮਾ, ਸ੍ਰੀ ਨਰੇਸ਼ ਧੀਂਗਾਨ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

No comments:

Post a Comment