Monday, 25 September 2017

ਨਿੱਜੀ ਹਸਪਤਾਲਾਂ ਨੂੰ ਆਪਣੇ ਕੋਲ ਇਲਾਜ ਕਰਾ ਰਹੇ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਤੇ ਸਵਾਈਨ ਫਲੂ ਦੇ ਮਰੀਜਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ - ਐਸ.ਡੀ.ਐਮ ਬਟਾਲਾ 7 ਦਿਨ ਸਾਫ ਪਾਣੀ ਖੜ੍ਹਾ ਰਹਿਣ ਕਾਰਨ ਪੈਦਾ ਹੋ ਸਕਦਾ ਹੈ ਡੇਂਗੂ ਦਾ ਮੱਛਰ - ਡਾ. ਭੱਲਾ

ਬਟਾਲਾ, 25 ਸਤੰਬਰ - ਐਸ.ਡੀ.ਐਮ. ਬਟਾਲਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਅਗਾਂਊਂ ਪ੍ਰਬੰਧ ਕਰਨ ਦੇ ਨਾਲ ਲੋਕਾਂ 'ਚ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਲਿਆਉਣ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ 'ਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਸ਼ਹਿਰੀ ਵਸੋਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਕੂਲ ਪ੍ਰਿੰਸੀਪਲਾਂ ਨੂੰ ਨੂੰ ਕਿਹਾ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੁੰ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਬੱਚੇ ਆਪਣੇ ਘਰਾਂ ਵਿੱਚ ਖੜ੍ਹਾ ਪਾਣੀ ਸਾਫ਼ ਕਰਨ ਲਈ ਅੱਗੇ ਆਉਣ।
ਸ੍ਰੀ ਗੁਪਤਾ ਨੇ ਐਸ.ਐਮ.ਓ. ਬਟਾਲਾ ਨੂੰ ਕਿਹਾ ਹੈ ਕਿ ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦੇ ਪੀੜ੍ਹਤ ਮਰੀਜਾਂ ਦਾ ਜਾਣਕਾਰੀ ਰੱਖੀ ਜਾਵੇ ਤਾਂ ਜੋ ਸਮੇਂ ਸਿਰ ਅਜਿਹੇ ਮਰੀਜਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਲਈ ਵੀ ਇਹ ਲਾਜ਼ਮੀ ਹੈ ਕਿ ਉਹ ਆਪਣੇ ਹਸਪਤਾਲ 'ਚ ਇਲਾਜ ਲਈ ਆਏ ਹਰ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਅਤੇ ਸਵਾਈਨ ਫਲੂ ਦੇ ਮਰੀਜਾਂ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦੇਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ 'ਚ ਇਨ੍ਹਾਂ ਬਿਮਾਰੀਆਂ ਦਾ ਇਲਾਜ ਅਤੇ ਸਾਰੇ ਟੈਸਟ ਕਰਨ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਨਿੱਜੀ ਹਸਪਤਾਲ ਅਜਿਹੇ ਮਰੀਜਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਨਹੀਂ ਦਿੰਦਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।
ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਹੇ, ਉਥੇ ਮੱਛਰ ਤਿਆਰ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ 'ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ੍ਹ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲਣਾ ਵੀ ਜਰੂਰੀ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ 'ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ 'ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ 'ਤੇ ਹੁੰਦਾ ਹੈ।
ਡਾ. ਭੱਲਾ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਜੇਕਰ ਕੋਈ ਵੀ ਸ਼ੱਕੀ ਮਰੀਜ ਆਉਂਦਾ ਹੈ ਤਾਂ ਉਸਦਾ ਟੈਸਟ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਪੋਜੀਟਿਵ ਕੇਸ ਹੋਣ ਦੀ ਸੂਰਤ ਵਿੱਚ ਮਰੀਜ ਨੂੰ ਸਰਕਾਰੀ ਹਸਪਤਾਲ 'ਚ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ ਜਦਕਿ ਇਸ ਦੇ ਉਲਟ ਪ੍ਰਾਈਵੇਟ ਡਾਕਟਰ ਮਰੀਜਾਂ ਦੀ ਇਸ ਸਥਿਤੀ ਦਾ ਨਜਾਇਜ ਫਾਇਦਾ ਉਠਾਉਂਦੇ ਹੋਏ ਮਰੀਜਾਂ ਕੋਲੋਂ ਮੋਟੀ ਰਕਮ ਵਸੂਲ ਕਰਦੇ ਹਨ। ਡਾ. ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ। ਜੇਕਰ ਫਿਰ ਵੀ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ ਚੜ੍ਹਦਾ ਹੈ ਤਾਂ ਉਸ ਨੂੰ ਆਪਣੇ ਇਲਾਜ ਲਈ ਸਿਵਲ ਹਸਪਤਾਲ 'ਚ ਪਹੁੰਚ ਕਰਨੀ ਚਾਹੀਦੀ ਹੈ।

No comments:

Post a Comment