Thursday, 14 September 2017

ਹਲਕਾ ਲੁਧਿਆਣਾ (ਪੂਰਬੀ) ਦੇ ਵਿਕਾਸ ਕਾਰਜਾਂ 'ਤੇ ਖਰਚ ਕੀਤੇ ਜਾਣਗੇ 800 ਕਰੋੜ ਰੁਪਏ-ਵਿਧਾਇਕ ਸੰਜੇ ਤਲਵਾੜ -ਡਿਪਟੀ ਕਮਿਸ਼ਨਰ ਸਮੇਤ ਗਲਾਡਾ ਨਾਲ ਸੰਬੰਧਤ ਖਾਲੀ ਸਥਾਨਾਂ ਦਾ ਜਾਇਜ਼ਾ -ਹਲਕੇ 'ਚ ਸਰਕਾਰੀ ਕਾਲਜ, ਪ੍ਰਦਰਸ਼ਨੀ ਕੇਂਦਰ ਅਤੇ ਰੇਹੜੀ ਫੜੀ ਮਾਰਕੀਟ ਬਣਾਉਣ ਦਾ ਪ੍ਰਸਤਾਵ

ਲੁਧਿਆਣਾ, - ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ, ਜਿਸ ਲਈ ਮੁੱਢਲੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਪਹਿਲੇ ਗੇੜ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਉਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਨਾਲ ਲੈ ਕੇ ਹਲਕੇ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਤਲਵਾੜ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਦੌਰੇ ਦੌਰਾਨ ਸਮੁੱਚੇ ਸ਼ਹਿਰ ਨੂੰ 3568 ਕਰੋੜ ਰੁਪਏ ਦੇ ਫੰਡਾਂ ਨਾਲ ਨਿਵਾਜਿਆ ਸੀ, ਇਨਾਂ ਫੰਡਾਂ ਵਿੱਚੋਂ ਕਰੀਬ 800 ਕਰੋੜ ਰੁਪਏ ਇਕੱਲੇ ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਵਿੱਚ ਖਰਚ ਕੀਤੇ ਜਾਣੇ ਹਨ। ਜਿਸ ਨਾਲ ਹਲਕਾ ਲੁਧਿਆਣਾ (ਪੂਰਬੀ) ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨਾਂ ਕਿਹਾ ਕਿ ਇਸ ਹਲਕੇ ਵਿੱਚ ਦੇਸ਼ ਦੇ ਹਰੇਕ ਧਰਮ, ਜਾਤ ਅਤੇ ਫਿਰਕੇ ਦੇ ਲੋਕ ਰਹਿੰਦੇ ਹਨ, ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਬਹੁ-ਸੁਮੇਲ ਹਲਕੇ ਨੂੰ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਦਾ ਫੈਸਲਾ ਕੀਤਾ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਹਲਕੇ ਵਿੱਚ ਸਰਕਾਰੀ ਕਾਲਜ (ਲੜਕੀਆਂ) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਲਾਡਾ ਵੱਲੋਂ ਚਲਾਏ ਜਾ ਰਹੇ ਸਪੋਰਟਸ ਕੰਪਲੈਕਸ ਦੀ ਕਾਇਆ ਕਲਪ ਕੀਤੀ ਜਾਵੇਗੀ, ਜਿੱਥੇ ਕਿ ਲੋੜੀਂਦੀਆਂ ਸਹੂਲਤਾਂ ਦੀ ਅਣਹੋਂਦ ਹੈ। ਇਸ ਤੋਂ ਇਲਾਵਾ ਇਸ ਹਲਕੇ ਵਿੱਚ ਪ੍ਰਦਰਸ਼ਨੀ ਕੇਂਦਰ ਬਣਾਉਣ ਦਾ ਵੀ ਪ੍ਰਸਤਾਵ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਹਨ। ਹਲਕੇ ਵਿੱਚ ਦਿਨੋਂ ਦਿਨ ਵਧ ਰਹੀ ਟਰੈਫਿਕ ਸਮੱਸਿਆ ਨੂੰ ਘੱਟ ਕਰਨ ਲਈ ਪ੍ਰਸਤਾਵ ਹੈ ਕਿ ਗਲਾਡਾ ਦੀ ਖਾਲੀ ਪਈ ਜ਼ਮੀਨ ਨੂੰ ਰੇਹੜੀ ਫੜੀ ਮਾਰਕੀਟ ਵਜੋਂ ਵਿਕਸਤ ਕੀਤਾ ਜਾਵੇ। ਇਸ ਤੋਂ ਇਲਾਵਾ ਗਲਾਡਾ ਵੱਲੋਂ ਪੇਡਾ ਨੂੰ ਦਿੱਤੀ ਗਈ ਜ਼ਮੀਨ ਦੇ ਆਲੇ-ਦੁਆਲੇ ਬਹੁਤ ਹੀ ਨਜਾਇਜ਼ ਕਬਜ਼ੇ ਹੋ ਚੁੱਕੇ ਹਨ, ਜਿਨਾਂ ਨੂੰ ਦੂਰ ਕਰਵਾ ਕੇ ਪੇਡਾ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਦੱਸਿਆ ਕਿ ਹਲਕੇ ਦੇ ਦੌਰੇ ਦੌਰਾਨ ਉਨਾਂ ਨੇ ਸੈਕਟਰ-32, 38, 39-ਏ, ਤਾਜਪੁਰ ਸੜਕ ਅਤੇ ਹੋਰ ਸਥਾਨਾਂ ਦਾ ਦੌਰਾ ਕੀਤਾ ਹੈ, ਜਿਸ ਦੌਰਾਨ ਗਲਾਡਾ ਨਾਲ ਸੰਬੰਧਤ ਉਨਾਂ ਖਾਲੀ ਥਾਵਾਂ ਨੂੰ ਦੇਖਿਆ ਗਿਆ ਹੈ, ਜਿੱਥੇ ਉਪਰੋਕਤ ਸਾਰੇ ਪ੍ਰੋਜੈਕਟਾਂ ਨੂੰ ਸਥਾਪਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਨਾਂ ਖਾਲੀ ਸਥਾਨਾਂ ਦੀ ਸਹੀ ਵਰਤੋਂ ਬਾਰੇ ਉਹ ਜਲਦ ਹੀ ਉਚ ਅਧਿਕਾਰੀਆਂ ਦੀ ਮੀਟਿੰਗ ਬੁਲਾਉਣਗੇ, ਤਾਂ ਜੋ ਇਨਾਂ ਸਥਾਨਾਂ 'ਤੇ ਢੁੱਕਵੇਂ ਪ੍ਰੋਜੈਕਟ ਸ਼ੁਰੂ ਕਰਵਾਉਣ ਬਾਰੇ ਕਾਰਵਾਈ ਆਰੰਭੀ ਜਾ ਸਕੇ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਸ੍ਰ. ਅਮਰਿੰਦਰ ਸਿੰਘ ਮੱਲੀ, ਅਸਟੇਟ ਅਫ਼ਸਰ ਗਲਾਡਾ ਸ੍ਰ. ਨਵਰਾਜ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:

Post a Comment