Monday, 25 September 2017

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਮੀਟਿੰਗ

ਖਰੀਦ ਏਜੰਸੀਆਂ ਤੇ ਆੜ੍ਹਤੀਆਂ ਆਪਸੀ  ਤਾਲਮੇਲ ਨਾਲ ਕੰਮ ਕਰਨ: ਰਾਮਵੀਰ
ਹਰੇਕ ਮੰਡੀ ਵਿਚ ਬਣੇਗੀ ਝਗੜਾ ਨਿਵਾਰਨ ਕਮੇਟੀ
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ
-- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਸ੍ਰੀ ਰਾਮਵੀਰ ਨੇ ਖਰੀਦ ਸਬੰਧੀ ਖਰੀਦ ਏਜੰਸੀਆਂ , ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਦੇ ਨੁਮਾਇੰਦਿਆਂ ਆਦਿ ਨਾਲ ਮੀਟਿੰਗ ਦੌਰਾਨ ਦਿੱਤੀ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਨਾਲ ਜੁੜੇ ਸਾਰੇ ਵਰਗ ਪੂਰੀ ਤਰ੍ਹਾਂ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਝੋਨੇ ਦੀ ਸੁਚੱਜੀ ਖਰੀਦ ਲਈ 128 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ,ਜਿੱਥੇ ਸਾਰੇ ਪ੍ਰਬੰਧ ਮੁਕੰਮਲ ਹਨ।  ਉਨ੍ਹਾਂ ਦੱਸਿਆ ਕਿ ਸਾਲ 2016-17 ਦੌਰਾਨ ਫਿਰੋਜਪੁਰ ਜ਼ਿਲ੍ਹੇ ਵਿਚ  10.38 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ ਸੀ ਅਤੇ ਹੁਣ ਸਾਲ 2017-18 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 11.42 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਦੀ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ  ਪਨਗ੍ਰੇਨ 30%, ਮਾਰਕਫੈੱਡ 23%, ਪਨਸਪ 22%, ਪੰਜਾਬ ਸਟੇਟ ਵੇਅਰ ਹਾਊਸ 10%, ਪੰਜਾਬ ਐਗਰੋ 10% ਅਤੇ ਐਫ.ਸੀ.ਆਈ ਵੱਲੋਂ 5% ਪ੍ਰਤੀਸ਼ਤ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 50% ਬਾਰਦਾਨਾ ਮਿੱਲਾਂ ਵੱਲੋਂ ਲਗਾਇਆ ਜਾਣਾ ਹੈ ਅਤੇ ਬਾਕੀ ਬਾਰਦਾਨਾ ਏਜੰਸੀਆਂ ਦੁਆਰਾ ਦਿੱਤਾ ਜਾਣਾ ਹੈ। ਏਜੰਸੀਆਂ ਅਤੇ ਮਿੱਲਰਾਂ ਪਾਸ ਲੋੜੀਂਦਾ ਬਾਰਦਾਨਾ ਉਪਲਬਧ ਹੈ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਾਹਿਆ ਜਾਵੇ।  ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਮੀਂਦਾਰ ਇਨ੍ਹਾਂ ਹਦਾਇਤਾਂ ਦੇ ਬਾਵਜੂਦ ਵੀ ਮੰਡੀਆਂ ਵਿੱਚ ਗਿੱਲਾ ਝੋਨਾ ਲੈ ਕੇ ਆਵੇਗਾ ਤਾਂ ਉਸ ਨੂੰ ਮੰਡੀ ਵਿੱਚ ਝੋਨਾ ਉਤਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਨਮੀ 17 ਪ੍ਰਤੀਸ਼ਤ ਨਿਸ਼ਚਿਤ ਕੀਤੀ ਗਈ ਹੈ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ।  ਨਿਸ਼ਚਿਤ ਸਮੇਂ ਤੋ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ ਅਤੇ ਸਬੰਧਤ ਕੰਬਾਈਨ ਮਾਲਕ  ਦੇ ਖ਼ਿਲਾਫ਼  ਮੁਕੱਦਮਾ ਦਰਜ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਉਪ ਮੰਡਲ ਮੈਜਿਸਟਰੇਟਾਂ ਅਤੇ ਤਹਿਸੀਲਦਾਰਾਂ ਦੀ ਡਿਉਟੀ ਲਗਾਈ ਹੈ। 
ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਤੋਂ ਬਚਾਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲਤ ਵਿੱਚ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਾਰੀਆਂ ਮੰਡੀਆਂ ਵਿਚ ਝਗੜਾ ਨਿਵਾਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਵਾਲਾ ਝੋਨਾ ਬਿਲਕੁਲ ਨਾ ਲੈ ਕੇ ਆਉਣ ਕਿਉਂ ਜੋ ਗਿੱਲੇ ਝੋਨੇ ਨੂੰ ਸੁਕਾਉਣ ਲਈ ਜ਼ਿਆਦਾ ਦਿਨ ਲਗਦੇ ਹਨ ਤੇ ਮੰਡੀਆਂ ਵਿੱਚ ਥਾਂ ਦੀ ਕਮੀ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੁੱਕੇ ਝੋਨੇ ਦੀ ਆਮਦ 'ਤੇ ਤੁਰੰਤ ਬੋਲੀ ਲਾ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਜ਼ਿਆਦਾ ਸਮਾਂ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਤੋਂ ਇਲਾਵਾ ਮੰਡੀਆਂ ਵਿਚ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ ਆਦਿ ਦਾ ਵੀ ਖ਼ਾਸ ਪ੍ਰਬੰਧ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਖਰੀਦ ਉਪਰੰਤ ਮਾਲ ਦੀ ਲਿਫ਼ਟਿੰਗ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਜਾਵੇ।

No comments:

Post a Comment