Tuesday, 3 October 2017

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਦੇਣ ਦਾ ਕੋਈ ਉਪਬੰਧ ਨਹੀਂ-ਜਗਮੇਲ ਸਿੰਘ ਲੋਕਾਂ ਨੂੰ ਗੁਮਰਾਹ ਕਰਕੇ ਠੱਗੀ ਮਾਰਨ ਵਾਲਿਆ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ

FEROZPUR -- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਚਲਾਈ ਜਾ ਰਹੀ ਹੈ ਜਿਸ ਦਾ ਉਦੇਸ਼ ਜ਼ਿਲ੍ਹੇ ਵਿੱਚ ਘੱਟ ਰਹੇ ਲਿੰਗ ਅਨੁਪਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕਾਂ ਦੀ ਰੂੜ੍ਹੀਵਾਦੀ ਸੋਚ ਜਿਸ ਵਿੱਚ ਲੜਕੇ ਨੂੰ ਲੜਕੀ ਨਾਲੋਂ ਵੱਧ ਮਹੱਤਤਾ ਦਿੱਤੀ ਜਾਂਦੀ ਹੈ ਨੂੰ ਬਦਲ ਕੇ ਸਮਾਜ ਵਿੱਚ ਲੜਕੀ ਨੂੰ ਲੜਕੇ ਦੇ ਬਰਾਬਰ ਹੱਕ ਦਿਵਾਉਣਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਜਗਮੇਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੇ ਨਿੱਜੀ ਸਵਾਰਥ ਲਈ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 8 ਸਾਲ ਤੋਂ ਲੈ ਕੇ 32 ਸਾਲ ਤੱਕ ਦੀਆਂ ਲੜਕੀਆਂ ਨੂੰ 2,00,000/- ਰੁਪਏ ਦਿੱਤੇ ਜਾਣੇ ਹਨ ਜਦ ਕਿ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਕਿਸੇ ਵੀ ਪ੍ਰਕਾਰ ਦੀ ਨਕਦ ਰਾਸ਼ੀ ਦੇਣ ਦਾ ਕੋਈ ਵੀ ਉਪਬੰਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਸਬੰਧੀ ਝੂਠੇ ਫਾਰਮ ਤਿਆਰ ਕਰਕੇ ਪਿੰਡ ਦੇ ਭੋਲੇ -ਭਾਲੇ ਲੋਕਾਂ ਕੋਲੋਂ ਪ੍ਰਤੀ ਫਾਰਮ 100/- ਰੁਪਏ ਤੋਂ ਲੈ ਕੇ 2,00/- ਰੁਪਏ ਤੱਕ ਦੀ ਰਾਸ਼ੀ ਵਸੂਲ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦੇ ਹੋਏ ਬੇਨਤੀ ਕੀਤੀ ਕਿ ਉਹ ਅਜਿਹੇ ਝੂਠੇ ਪ੍ਰਚਾਰਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਹੈ ਜਿਸ ਰਾਹੀਂ ਕਿਸੇ ਵੀ ਲੜਕੀ ਨੂੰ ਨਕਦ ਰਾਸ਼ੀ ਦਿੱਤੀ ਜਾ ਸਕੇ। ਜੇਕਰ ਕਿਸੇ ਵੀ ਪਿੰਡ ਵਿੱਚ ਅਜਿਹਾ ਗਲਤ ਢੰਗ ਨਾਲ ਪ੍ਰਚਾਰ ਕਰ ਕੇ ਲੋਕਾਂ ਨੂੰ ਗੁਮਰਾਹ ਕਰਕੇ ਪੈਸੇ ਠੱਗਣ ਬਾਰੇ ਪਤਾ ਚੱਲੇ ਤਾਂ ਸਬੰਧਿਤ ਸ਼ਿਕਾਇਤ ਸੀ.ਡੀ.ਪੀ.ਓ. ਦਫ਼ਤਰ/ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਜਾਂ ਪੁਲੀਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ।

No comments:

Post a Comment