Tuesday, 3 October 2017

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3502 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ : ਬਰਾੜ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ: ਜ਼ਿਲ੍ਹੇ ਵਿੱਚ ਇਸ ਵਾਰ ਝੋਨੇ ਦੀ ਰਿਕਾਰਡ ਉਤਪਾਦਨ ਹੋਣ ਦੀ ਸੰਭਾਵਨਾਂ ਹੈ ਅਤੇ ਮੰਡੀਆਂ ਵਿੱਚ ਕਰੀਬ 5 ਲੱਖ 21 ਹਜਾਰ 21 ਮੀਟਰਕ ਟਨ ਝੋਨਾ ਆਉਣ ਦਾ ਅਨੁਮਾਨ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖਰੀਦ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਆਪੋ ਆਪਣੇ ਇਲਾਕਿਆਂ ਵਿੱਚ ਝੋਨੇ ਦੀ ਖਰੀਦ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਮੰਡੀਆਂ ਵਿੱਚ ਰੋਜ਼ਾਨਾ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਲਿਫਟਿੰਗ ਕਰਵਾਉਣੀ ਵੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫਸਰ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਪੀਣ ਵਾਲਾ ਪਾਣੀ, ਲੋੜੀਂਦੀ ਛਾਂਦਾਰ ਜਗ੍ਹਾ, ਪਖਾਨੇ ਅਤੇ ਹੋਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਢਿੱਲ ਨਾ ਵਿਖਾਈ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3502 ਮੀਟਰਕ ਟਨ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 420 ਮੀਟਰਕ ਟਨ, ਮਾਰਕਫੈਡ ਨੇ 1340, ਪਨਸਪ ਨੇ 1060, ਵੇਅਰ ਹਾਊਸ ਨੇ 200, ਪੰਜਾਬ ਐਗਰੋ ਨੇ 482 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।

No comments:

Post a Comment