Monday, 9 October 2017

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਆਦੇਸ਼ ਸਬੰਧਿਤ ਪਿੰਡ ਦਾ ਨੰਬਰਦਾਰ ਅੱਗ ਸਬੰਧ ਸੂਚਨਾ ਮਾਲ ਵਿਭਾਗ ਨੂੰ ਦੇਵੇਗਾ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਹੋਣਗੇ ਡਿਸਮਿਸ

FEROZPUR : ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਤੋਂ ਬਾਅਦ ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਫ਼ੈਸਲੇ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਜੁਰਮਾਨੇ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਿੱਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਪਿੰਡ ਦਾ ਨੰਬਰਦਾਰ ਇਸ ਦੀ ਸੂਚਨਾ ਤੁਰੰਤ ਸਬੰਧਿਤ ਪਟਵਾਰੀ ਅਤੇ ਤਹਿਸੀਲਦਾਰ ਨੂੰ ਦੇਵੇਗਾ ਅਤੇ ਪਟਵਾਰੀ ਸਬੰਧਿਤ ਕਿਸਾਨ ਦੀ ਗਿਰਦਾਵਰੀ ਵਿੱਚ ਲਾਲ ਸਿਆਹੀ ਨਾਲ ਅੱਗ ਲਗਾਉਣ ਸਬੰਧੀ ਵੇਰਵਾ ਲਿਖੇਗਾ। ਜੇਕਰ ਕੋਈ ਨੰਬਰਦਾਰ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸ ਨੰਬਰਦਾਰ ਨੂੰ ਡਿਸਮਿਸ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਹੀ ਧਰਤੀ ਵਿੱਚ ਮੌਜੂਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵੀ ਵਾਪਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਨੇੜਲੇ ਖੇਤਾਂ ਵਿੱਚ ਖੜੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ ਉੱਥੇ ਹੀ ਇਸ ਵਿਚੋਂ ਨਿਕਲਦੇ ਧੂੰਏਂ ਨਾਲ ਕਈ ਬਿਮਾਰੀਆਂ ਲੱਗਣ ਦਾ ਵੀ ਡਰ ਰਹਿੰਦਾ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਪਿੰਡਾਂ ਵਿੱਚ ਕਿਸਾਨਾਂ ਦੇ ਆਪਸ ਵਿੱਚ ਝਗੜੇ ਵੀ ਹੋ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

No comments:

Post a Comment